ਨਸ਼ਾ ਇਕ ਵਿਅਕਤੀ ਨਹੀਂ ਸਗੋਂ ਪੂਰਾ ਘਰ ਬਰਬਾਦ ਕਰ ਦਿੰਦਾਂ ਹੈ:- ਸਿਹਤ ਮੰਤਰੀ
-ਕੁਰਾਹੇ ਪਏ ਵਿਅਕਤੀਆਂ ਨੂੰ ਸਿੱਧੇ ਰਾਹ ਪਾਉਣ ਲਈ ਸਾਂਝੇ ਯਤਨਾਂ ਦੀ ਲੋੜ :-ਡਾ. ਬਲਬੀਰ ਸਿੰਘ
-ਕਿਹਾ, ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋਵੇਗੀ
-ਨਸ਼ਿਆਂ ਵਿਰੁੱਧ ਛੇੜੀ ਜੰਗ ਬਣੀ ਲੋਕ ਲਹਿਰ :-ਜਗਦੀਪ ਜੱਗਾ
ਪਟਿਆਲਾ ਦੇ ਵਾਰਡ ਨੰਬਰ 7 ਤੋਂ 13 ਦੇ ਵਸਨੀਕਾਂ ਨੇ ਨਸ਼ਿਆਂ ਦੇ ਖ਼ਾਤਮੇ ਦਾ ਲਿਆ ਅਹਿਦ
ਪਟਿਆਲਾ (ਗੁਰ ਅੰਸ਼ ਸਿੰਘ):-
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤੀ ਯਾਤਰਾ ਦੌਰਾਨ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਵਿਅਕਤੀ ਨੂੰ ਹੀ ਨਹੀਂ ਸਗੋਂ ਉਸ ਦੇ ਪੂਰੇ ਘਰ ਨੂੰ ਬਰਬਾਦ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਜੇਕਰ ਇਕ ਵਿਅਕਤੀ ਵੀ ਨਸ਼ਾ ਕਰਦਾ ਹੈ ਤਾਂ ਇਸ ਦਾ ਖ਼ਮਿਆਜ਼ਾ ਪੂਰੇ ਪਰਿਵਾਰ ਨੂੰ ਸਮਾਜਿਕ ਤੇ ਆਰਥਿਕ ਰੂਪ ਵਿੱਚ ਭੁਗਤਣਾ ਪੈਦਾ ਹੈ।

ਪਟਿਆਲਾ ਦਿਹਾਤੀ ਹਲਕੇ ਦੇ ਵਾਰਡ ਨੰਬਰ 7, 8, 9, 10, 11, 12 ਅਤੇ 13 ਦੇ ਵਸਨੀਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਲਾਮਬੰਦ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ‘ਚ ਫਸ ਕੇ ਕੁਰਾਹੇ ਪਏ ਵਿਅਕਤੀਆਂ ਨੂੰ ਸਿੱਧੇ ਰਾਹ ਪਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਹੁਣ ਵੀ ਇਕੱਠੇ ਨਾ ਹੋਏ ਤਾਂ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਾਬਤ ਹੋਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਹੁਣ ਲੋਕ ਲਹਿਰ ਵਿੱਚ ਬਦਲ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਲੜਾਈ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤੇ ਕਾਲੇ ਕਾਰੋਬਾਰ ਨਾਲ ਬਣਾਈਆਂ ਨਜਾਇਜ਼ ਜਾਇਦਾਦਾਂ ‘ਤੇ ਵੀ ਪੀਲਾ ਪੰਜਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਅਤੇ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਅਹਿਦ ਦਿਵਾਉਂਦਿਆਂ ਕਿਹਾ ਕਿ ਸਭ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਵਿੱਢੀ ਇਹ ਲੜਾਈ ‘ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਜੱਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਇਹ ਲੜਾਈ ਹੁਣ ਲੋਕ ਲਹਿਰ ਬਣ ਚੁੱਕੀ ਹੈ ਤੇ ਲੋਕ ਇਸ ਮੁਹਿੰਮ ਦਾ ਹਿੱਸਾ ਬਣਕੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਅੱਗੇ ਆ ਰਹੇ ਹਨ।
ਇਸ ਮੌਕੇ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ, ਡੀ.ਐਸ.ਪੀ ਮਨੋਜ ਗੋਰਸੀ, ਡਿਪਟੀ ਮੇਅਰ ਜਗਦੀਪ ਜੱਗਾ, ਸੁਰਜੀਤ ਸਿੰਘ ਅਬਲੋਵਾਲ, ਕੌਸਲਰ ਜਸਵੀਰ ਗਾਂਧੀ, ਕੁਲਬੀਰ ਕੌਰ, ਸ਼ੰਕਰ ਲਾਲ, ਨੇਹਾ, ਸ਼ਿਵਰਾਜ ਸਿੰਘ ਵਿਰਕ, ਨਿਰਮਲ ਦੇਵੀ, ਝਿਰਮਲਜੀਤ ਕੌਰ, ਜੈ ਸ਼ੰਕਰ, ਹਰਪਾਲ ਸਿੰਘ ਵਿਰਕ, ਜਸਵਿੰਦਰ ਸਿੰਘ, ਵੇਦ ਕਪੂਰ, ਚਰਨਜੀਤ ਸਿੰਘ ਐਸਕੇ, ਦੀਪਕ ਮਿੱਤਲ, ਰਵਿੰਦਰ ਸਿੰਘ ਰਵੀ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।





